ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਦੌਰਾਨ 4 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 3 ਮੁਲਾਜ਼ਮਾਂ ਅਤੇ 2 ਨਿੱਜੀ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਓਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਕਰਮਚਾਰੀਆਂ ਅਤੇ ਹੋਰਾਂ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੂਰੀ ਤਰ੍ਹਾਂ ਯਤਨ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਬਿਊਰੋ ਵੱਲੋਂ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 13 ਵਿਜੀਲੈਂਸ ਕੇਸਾਂ ਦੇ ਚਲਾਨ ਪੇਸ਼ ਕੀਤੇ ਗਏ ਹਨ। ਇਸ ਤੋਂ ਇਲਾਵਾ ਸਰਕਾਰੀ ਕਰਮਚਾਰੀਆਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਇੱਕ ਵਿਜੀਲੈਂਸ ਜਾਂਚ ਵੀ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ 4 ਦੋਸ਼ੀਆਂ ਖਿਲਾਫ 3 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਅਤੇ 2 ਸਰਕਾਰੀ ਕਰਮਚਾਰੀਆਂ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ 2 ਮਾਮਲੇ ਵੀ ਦਰਜ ਕੀਤੇ ਗਏ ਹਨ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਇੱਕ ਸਮਰੱਥ ਅਦਾਲਤ ਨੇ ਪਿਛਲੇ ਮਹੀਨੇ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਕੀਤੇ ਗਏ ਇੱਕ ਰਿਸ਼ਵਤਖੋਰੀ ਦੇ ਕੇਸ ਦਾ ਫੈਸਲਾ ਕੀਤਾ ਸੀ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 4 ਸਾਲ ਦੀ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।









